Loading...

ਨਾਭਾ ਵਿਧਾਨ ਸਭਾ ਹਲਕੇ ‘ਚ ਮੁੱਖ ਮੰਤਰੀ ਵੱਲੋਂ ਸੰਗਤ ਦਰਸ਼ਨ

prakash-badal-and-sukhbir-badal

(ਪਟਿਆਲਾ) : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਸਿੱਖ ਗਰਮਖਿਆਲੀਆਂ ਨੂੰ ਸਰਬਤ ਖਾਲਸਾ ਕਰਨ ਦੀ ਆਗਿਆ ਦੇਣ ਦੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ।
ਅੱਜ ਟੌਹੜਾ ਪਿੰਡ ਵਿਚ ਸੰਗਤ ਦਰਸ਼ਨ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਕੁਝ ਮੁੱਠੀ ਭਰ ਅਖੌਤੀ ਆਗੂ ‘ਸਰਬਤ ਖਾਲਸਾ’ ਕਰਨ ਦੇ ਨਾਂ ਹੇਠ ਸੂਬੇ ਦੇ ਵਿਕਾਸ ਅਤੇ ਸ਼ਾਂਤੀ ਦੀ ਪ੍ਰਕ੍ਰਿਆ ਨੂੰ ਪਟੜੀ ਤੋਂ ਲਾਹੁਣ ਅਤੇ ਸੂਬੇ ਨੂੰ ਕਾਲੇ ਦੌਰ ਵਿਚ ਧੱਕਣ ਦੀਆਂ ਸਾਜਸ਼ਾਂ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੰਡ ਪਾਊ ਸ਼ਕਤੀਆਂ ਨੂੰ ਸਰਬਤ ਖਾਲਸਾ ਕਰਨ ਦੀ ਆਗਿਆ ਨਹੀਂ ਦੇਵੇਗੀ ਕਿਉਂਕਿ ਇਹ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਖਤਰੇ ਵਿਚ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਵਿਚ ਭਾਈਚਾਰਕ ਤੰਦਾਂ ਨੂੰ ਮਜ਼ਬੂਤ ਕਰਨ ਅਤੇ ਸ਼ਾਂਤੀ, ਫਿਰਕੂ ਸਦਭਾਵਨਾ, ਭਾਈਚਾਰੇ ਨੂੰ ਬਣਾਏ ਰੱਖਣ ਲਈ ਵਚਨਬੱਧ ਹੈ ਜਿਸ ਕਰਕੇ ਕਾਨੂੰਨ ਵਿਵਸਥਾ ਨੂੰ ਹਰ ਕੀਮਤ ਉੱਤੇ ਕਾਇਮ ਰੱਖਿਆ ਜਾਵੇਗਾ।
ਮੋਗਾ ਰੈਲੀ ਦੇ ਉਦੇਸ਼ਾਂ ਸਬੰਧੀ ਪੁੱਛੇ ਜਾਣ ਉੱਤੇ ਮੁੱਖ ਮੰਤਰੀ ਨੇ ਕਿਹਾ ਕਿ ‘ਪਾਣੀ ਬਚਾਓ, ਪੰਜਾਬ ਬਚਾਓ’ ਰੈਲੀ ਦਾ ਬੁਨਿਆਦੀ ਮਕਸਦ ਪੰਜਾਬ ਦੇ ਲੋਕਾਂ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ ਦੇ ਸੰਦਰਭ ਵਿਚ ਪਾਣੀਆਂ ਦੀ ਰਾਖੀ ਲਈ ਸੰਵੇਦਨਸ਼ੀਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਦਾ ਹੀ ਪੰਜਾਬ ਅਤੇ ਪੰਜਾਬੀਆਂ ਨਾਲ ਹਰੇਕ ਮੁੱਦੇ ‘ਤੇ ਧੋਖਾ ਕੀਤਾ ਹੈ ਭਾਵੇਂ ਕਿ ਉਹ ਸਿਆਸੀ, ਸਮਾਜਿਕ, ਆਰਥਿਕ ਜਾਂ ਧਾਰਮਿਕ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦਾ ਮੁੱਦਾ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਤੀ ਉਦਾਸੀਨ ਵਤੀਰੇ ਦਾ ਨਤੀਜਾ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇਕ ਵੀ ਵਾਧੂ ਬੂੰਦ ਨਹੀਂ ਹੈ ਅਤੇ ਨਾ ਹੀ ਕਿਸੇ ਹੋਰ ਨੂੰ ਦਿੱਤਾ ਜਾਵੇਗਾ। ਇਸ ਕਰਕੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਨਿਰਮਾਣ ਦਾ ਸਵਾਲ ਪੈਦਾ ਹੀ ਨਹੀਂ ਹੁੰਦਾ। ਮੁੱਖ ਮੰਤਰੀ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਤੇ ਕਾਂਗਰਸ ਦੀਆਂ ਘਿਨਾਉਣੀਆਂ ਕਾਰਵਾਈਆਂ ਅਤੇ ਹੁਣ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਦਾ ਸਮਰਥਣ ਪ੍ਰਾਪਤ ਕਰਨ ਲਈ ਵਿਧਾਨ ਸਭਾ ਤੋਂ ਅਸਤੀਫੇ ਦੇਕੇ ਮਗਰਮੱਛ ਦੇ ਹੰਝੂ ਵਹਾਉਣ ਦੇ ਅਖਤੀਆਰ ਕੀਤੇ ਪੈਂਤੜੇ ਤੋਂ ਲੋਕਾਂ ਨੂੰ ਸਾਵਧਾਨ ਕੀਤਾ।
6ਵੇਂ ਪੰਜਾਬ ਤਨਖਾਹ ਕਮਿਸ਼ਨ ਦੇ ਸੰਦਰਭ ਵਿਚ ਸਰਕਾਰੀ ਮੁਲਾਜ਼ਮਾਂ ਨੂੰ ਅੰਤ੍ਰਿਮ ਰਾਹਤ ਮੁਹੱਈਆ ਕਰਵਾਉਣ ਦੀਆਂ ਸੰਭਾਵਨਾਵਾਂ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਬਾਰੇ ਅੰਤਿਮ ਫੈਸਲਾ 6ਵੇਂ ਤਨਖਾਹ ਕਮਿਸ਼ਨ ਨਾਲ ਵਿਚਾਰ ਚਰਚਾ ਤੋਂ ਬਾਅਦ ਕਰੇਗੀ।
ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਸ੍ਰੀ ਸ਼ੇਰ ਸਿੰਘ ਘੁਬਾਇਆ ਦੇ ਪਰਿਵਾਰ ਵੱਲੋਂ ਜਲਾਲਾਬਾਦ ਵਿਖੇ ਚਲਾਏ ਜਾ ਰਹੇ ਇੰਜੀਨੀਅਰਿੰਗ ਕਾਲਜ ਉੱਤੇ ਵਿਜੀਲੈਂਸ ਵਿਭਾਗ ਵੱਲੋਂ ਮਾਰੇ ਗਏ ਛਾਪੇ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸ. ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਘੁਬਾਇਆ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਵਾਂਗ ਹਨ ਅਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਮੱਤਭੇਦ ਨਹੀਂ ਹੈ।
ਇਸ ਤੋਂ ਪਹਿਲਾਂ ਟੌਹੜਾ, ਭਾਦਸੋਂ, ਨਾਭਾ ਅਤੇ ਛੀਂਟਾਂਵਾਲਾ ਵਿਖੇ ਸੰਗਤ ਦਰਸ਼ਨ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਪਿਛਲੇ ਇਕ ਦਹਾਕੇ ਦੇ ਸ਼ਾਸਨ ਦੌਰਾਨ ਸੂਬੇ ਦੇ ਸਮੁੱਚੇ ਵਿਕਾਸ ਅਤੇ ਗਰੀਬ ਲੋਕਾਂ ਦੀ ਭਲਾਈ ਲਈ ਅਨੇਕਾਂ ਨੀਤੀਆਂ ਨੂੰ ਅਮਲ ਵਿਚ ਲਿਆਂਦਾ ਹੈ ਅਤੇ ਸੂਬੇ ਤੇ ਲੋਕਾਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਹੈ ਜਿਸ ਕਰਕੇ ਉਨ੍ਹਾਂ ਨੂੰ ਲਗਾਤਾਰ ਤੀਜੀ ਵਾਰੀ ਭਾਰੀ ਬਹੁਮਤ ਨਾਲ ਸੱਤਾ ਵਿਚ ਆਉਣ ਤੋਂ ਕੋਈ ਵੀ ਰੋਕ ਨਹੀਂ ਸਕਦਾ।
ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਵਿਕਾਸ ਨੂੰ ਤੇਜ਼ ਗਤੀ ਦਿੱਤੀ ਹੈ ਅਤੇ ਅਗਲੇ ਸਾਲ ਦੇ ਅਖੀਰ ਤੱਕ 6000 ਕਰੋੜ ਰੁਪਏ ਦੇ ਨਿਵੇਸ਼ ਨਾਲ ਸਾਰੇ ਸ਼ਹਿਰਾਂ ਅਤੇ ਕਸਬਿਆਂ ਨੂੰ ਪੀਣ ਵਾਲਾ ਸਾਫ ਪਾਣੀ, ਸੀਵਰੇਜ, ਸੜਕਾਂ ਅਤੇ ਸਟਰੀਟ ਲਾਈਟਾਂ ਦੀ ਸੁਵਿਧਾ ਮੁਹੱਈਆ ਕਰਵਾ ਦਿੱਤੀ ਜਾਵੇਗੀ।
ਉਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੁੱਖ ਮੰਤਰੀ ਦੇ 2002 ਤੋਂ 2007 ਦੇ ਕਾਲ ਦੌਰਾਨ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਕੈਪਟਨ ਦੀ ਸਰਕਾਰ ਨੇ ਸੂਬੇ ਦੀ ਆਰਥਿਕਤਾ ਨੂੰ ਬੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ ਜਦਕਿ ਇਸ ਦੇ ਉਲਟ ਮੌਜੂਦਾ ਸਰਕਾਰ ਨੇ ਲੀਹੋਂ ਉਤਰੀ ਆਰਥਿਕਤਾ ਨੂੰ ਮੁੜ ਪੱਟੜੀ ‘ਤੇ ਲਿਆਉਣ ਲਈ ਵੱਡੀਆਂ ਕੋਸ਼ਿਸ਼ਾਂ ਕੀਤੀਆਂ। ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਹੱਕ ਵਿਚ ਲੋਕਾਂ ਦੇ ਸਹਿਯੋਗ ਅਤੇ ਸਮਰਥਨ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਕਾਂਗਰਸ ਦੇ ਝੂਠੇ ਭੰਡੀ ਪ੍ਰਚਾਰ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਕੋ ਇਕ ਨਿਸ਼ਾਨਾ ਸੱਤਾ ਨੂੰ ਪ੍ਰਾਪਤ ਕਰਨਾ ਹੈ ਨਾ ਕਿ ਮਿਸ਼ਨ ਦੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਇਕ ਵਾਰ ਫਿਰ ਸਰਕਾਰ ਬਣਨ ਨਾਲ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਨਿਰਧਾਰਤ ਕੀਤਾ ਏਜੰਡਾ ਪੂਰੀ ਤਰ੍ਹਾਂ ਲਾਗੂ ਕਰਨ ਵਿਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਨਾਭਾ ਵਿਧਾਨ ਸਭਾ ਹਲਕੇ ਦੇ ਤਕਰੀਬਨ 140 ਪਿੰਡਾਂ ਅਤੇ 34 ਵਾਰਡਾਂ ਦੇ ਵਿਕਾਸ ਲਈ 20 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਹਾਜ਼ਰ ਹੋਰਨਾਂ ਵਿਚ ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਵਿਧਾਇਕ ਸ੍ਰੀ ਐਨ.ਕੇ. ਸ਼ਰਮਾ, ਨਾਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਉਮੀਦਵਾਰ ਸ੍ਰੀ ਕਬੀਰ ਦਾਸ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ. ਕਰੁਣਾਰਾਜੂ, ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਸ੍ਰੀ ਰਣਧੀਰ ਸਿੰਘ ਰਖੜਾ, ਐਸ.ਜੀ.ਪੀ.ਸੀ. ਮੈਂਬਰ ਸ੍ਰੀ ਸਤਵਿੰਦਰ ਸਿੰਘ ਟੌਹੜਾ, ਚੇਅਰਮੈਨ ਸ੍ਰੀ ਮਹਿੰਦਰ ਸਿੰਘ ਲਾਲਵਾ, ਚੇਅਰਮੈਨ ਸ੍ਰੀ ਹਰੀ ਸਿੰਘ ਪ੍ਰੀਤ ਟਰੈਕਟਰ, ਸੀਨੀਅਰ ਅਕਾਲੀ ਆਗੂ ਸ੍ਰੀ ਮੱਖਣ ਸਿੰਘ ਲਾਲਕਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਸ੍ਰੀ ਕਿਰਪਾਲ ਸਿੰਘ ਕਲਿਆਣ, ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ ਸ੍ਰੀ ਲਖਬੀਰ ਸਿੰਘ ਲੋਟ, ਚੇਅਰਮੈਨ ਮਾਰਕੀਟ ਕਮੇਟੀ ਨਾਭਾ ਸ੍ਰੀ ਧਰਮ ਸਿੰਘ ਧਾਰੋਕੀ, ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਸਿੰਘ ਅਤੇ ਐਸ.ਐਸ.ਪੀ ਸ੍ਰੀ ਗੁਰਮੀਤ ਸਿੰਘ ਚੌਹਾਨ ਸ਼ਾਮਲ ਸਨ।

Newsletter

Get our products/news earlier than others, let’s get in touch.